ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹਰਿਆਣਾ ਲਈ ਵੱਖਰੀ ਹਾਈਕੋਰਟ ਬਾਰੇ ਬਿਆਨ ਵਾਪਸ ਲੈਣ ਲਈ ਕਿਹਾ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਉਹ ਬਿਆਨ ਵਾਪਸ ਲੈਣ ਲਈ ਕਿਹਾ ਹੈ ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਵੱਖਰੀ ਵਿਧਾਨ ਸਭਾ ਅਤੇ ਵੱਖਰੀ ਹਾਈ ਕੋਰਟ ਲਈ ਥਾਂ ਅਲਾਟ ਕਰਨ ਲਈ ਕਿਹਾ ਸੀ।

ਇੱਥੇ ਜਾਰੀ ਇੱਕ ਬਿਆਨ ਵਿੱਚ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਹੱਕਾਂ ਨੂੰ ਬੇਹੂਦਾ ਮੰਗਾਂ ਦੇ ਨਾਲ ਸਰੰਡਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਲਾਂ ਹੀ ਆਪਣੀ ਵਿਧਾਨ ਸਭਾ ਅਤੇ ਹਾਈ ਕੋਰਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਨ੍ਹਾਂ ਦੋਵਾਂ ਸੰਸਥਾਵਾਂ ਨੂੰ ਸਮਰਪਣ ਕਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਆਪਣਾ ਟਵੀਟ ਵਾਪਸ ਲੈਣ ਦੀ ਬੇਨਤੀ ਕਰ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਨ੍ਹਾਂ ਦੋਵਾਂ ਸੰਸਥਾਵਾਂ ਲਈ ਜਗ੍ਹਾ ਅਲਾਟ ਕਰਨ ਦੀ ਬੇਨਤੀ ਕੀਤੀ ਸੀ।

ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣ ਦੇ ਫੈਸਲੇ ‘ਤੇ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਨੂੰ ਇਹ ਦੱਸਣ ਵਿੱਚ ਅਸਫਲ ਰਹੀ ਹੈ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕੋਈ ਸੀਟ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਤੁਰੰਤ ਆਪਣੇ ਸਟੈਂਡ ‘ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ ਅਤੇ ਕੇਂਦਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਚੰਡੀਗੜ੍ਹ ਦੀ ਮੌਜੂਦਾ ਸਥਿਤੀ ਉਦੋਂ ਤੱਕ ਆਰਜ਼ੀ ਸੀ ਜਦੋਂ ਤੱਕ ਇਸ ਨੂੰ ਪੰਜਾਬ ਨੂੰ ਤਬਦੀਲ ਨਹੀਂ ਕੀਤਾ ਜਾਂਦਾ।

Leave a Reply

%d bloggers like this: