‘ਆਪ’ ਦੇ ਵਫ਼ਦ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰਨ ਲਈ ਰਾਜਪਾਲ ਨੂੰ ਮਿਲੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਰੇਤ ਮਾਫੀਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਸੋਮਵਾਰ ਨੂੰ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਦੀ ਅਗਵਾਈ ‘ਚ ‘ਆਪ’ ਦਾ ਇੱਕ ਵਫ਼ਦ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ।

ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਰੇਤ ਦੀ ਗ਼ੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਈਡੀ ਦੇ ਛਾਪਿਆਂ ਦੌਰਾਨ ਬਰਾਮਦ ਹੋਏ ਕਰੋੜਾਂ ਰੁਪਏ ਅਤੇ ਸਨਸਨੀਖੇਜ਼ ਦਸਤਾਵੇਜ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਨ ਅਤੇ ਇਸ ਮਾਮਲੇ ਦੀ ਹੋਰ ਡੂੰਘਾਈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਮੀਟਿੰਗ ਤੋਂ ਬਾਅਦ ਰਾਘਵ ਚੱਢਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮਾਨਯੋਗ ਰਾਜਪਾਲ ਨੇ ਉਨ੍ਹਾਂ (ਆਪ) ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਹੈ। ਮੰਗ ਪੱਤਰ ‘ਚ ‘ਆਪ’ ਨੇ ਰਾਜਪਾਲ ਨੂੰ ਮੁੱਖ ਮੰਤਰੀ ਚੰਨੀ ਦੇ ਹਲਕਾ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ‘ਚ ਛਾਪੇਮਾਰੀ ਅਤੇ ਮਿਲੇ ਸਬੂਤਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਹੈ। ਚੰਨੀ ਦੇ ਭਤੀਜੇ ਦੇ ਘਰੋਂ 10 ਕਰੋੜ ਦੀ ਨਕਦੀ, ਰੋਲੇਕਸ ਘੜੀ, 22 ਲੱਖ ਰੁਪਏ ਦਾ ਸੋਨਾ, ਮਹਿੰਗੀਆਂ ਗੱਡੀਆਂ, 54 ਕਰੋੜ ਰੁਪਏ ਦੀਆਂ ਬੈਂਕ ਦੇਣਦਾਰੀਆਂ ਅਤੇ ਰੀਅਲ ਅਸਟੇਟ ਦੀਆਂ ਰਜਿਸਟਰੀਆਂ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕਾਨੂੰਨੀ ਕੇਸ ਦਰਜ ਕੀਤਾ ਜਾਵੇ।

ਸ੍ਰੀ ਚੱਢਾ ਨੇ ਕਿਹਾ ਕਿ ‘ਆਪ’ ਲੰਮੇ ਸਮੇਂ ਤੋਂ ਦੋਸ਼ ਲਾਉਂਦੀ ਆ ਰਹੀ ਹੈ ਕਿ ਪੰਜਾਬ ਵਿੱਚ ਰੇਤ ਮਾਫੀਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ। ਮੁੱਖ ਮੰਤਰੀ ਦੇ ਚੰਨੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਨਜਾਇਜ਼ ਰੇਤ ਦੀ ਖੁਦਾਈ ਕੀਤੀ ਜਾ ਰਹੀ ਹੈ। ਰੇਤ ਮਾਫੀਆ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਵੀ ਰੇਤ ਚੋਰੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਨੇ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਚੰਨੀ ਮੰਤਰੀ ਹੁੰਦਿਆਂ ਵੀ ਉਹ ਰੇਤ ਮਾਫੀਆ ਚਲਾ ਰਿਹਾ ਸੀ ਅਤੇ ਕੈਪਟਨ ਨੇ ਇਹ ਮਾਮਲਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਕੋਲ ਉਠਾਇਆ ਸੀ। ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਮੰਤਰੀ ਤੋਂ ਮੁੱਖ ਮੰਤਰੀ ਤੱਕ ਤਰੱਕੀ ਦੇ ਦਿੱਤੀ ਹੈ, ਜਿਸ ਨਾਲ ਇਹ ਸ਼ੱਕ ਪੈਦਾ ਹੋ ਗਿਆ ਹੈ ਕਿ ਪੰਜਾਬ ਦੇ ਰੇਤ ਮਾਫੀਆ ਦਾ ਪੈਸਾ ਕਾਂਗਰਸ ਦੀ ਉੱਚ ਲੀਡਰਸ਼ਿਪ ਤੱਕ ਵੀ ਪਹੁੰਚ ਰਿਹਾ ਹੈ।

‘ਆਪ’ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਇੱਕ ਭਤੀਜੇ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪਾ ਮਾਰਿਆ ਗਿਆ, ਜ਼ਰਾ ਸੋਚੋ ਕਿ ਮੁੱਖ ਮੰਤਰੀ ਦੇ ਬਾਕੀ ਰਿਸ਼ਤੇਦਾਰਾਂ ਨੇ ਕਿੰਨਾ ਪੈਸਾ ਠੱਗਿਆ ਹੋਵੇਗਾ। ਉਨ੍ਹਾਂ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ ਸਿਰਫ 111 ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਰਹੇ, ਜੇਕਰ ਉਹ 5 ਸਾਲ ਮੁੱਖ ਮੰਤਰੀ ਰਹਿੰਦੇ ਤਾਂ ਉਨ੍ਹਾਂ ਨੇ ਕਿੰਨੀ ਦੌਲਤ ਇਕੱਠੀ ਕੀਤੀ ਹੁੰਦੀ।

ਇਕ ਸਵਾਲ ਦੇ ਜਵਾਬ ਵਿਚ ਰਾਘਵ ਚੱਢਾ ਨੇ ਕਿਹਾ ਕਿ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ‘ਤੇ ਛਾਪਾ ਸਿਆਸੀ ਬਦਲਾਖੋਰੀ ਦਾ ਹਿੱਸਾ ਸੀ। ਪਰ ਇੱਕ ਵਿਅਕਤੀ ਦੇ ਘਰੋਂ ਕਰੋੜਾਂ ਰੁਪਏ, ਲੱਖਾਂ ਦਾ ਸੋਨਾ ਅਤੇ ਹੋਰ ਜਾਇਦਾਦਾਂ ਦੀ ਬਰਾਮਦਗੀ ਵੀ ਸ਼ੱਕ ਪੈਦਾ ਕਰਦੀ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਕਰਦੀ ਹੈ। ਇਸ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਚੰਨੀ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਅਤੇ ਰਾਜਪਾਲ ਤੋਂ ਇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

Leave a Reply

%d bloggers like this: