‘ਆਪ’ ਵਿਧਾਇਕ ਦਲ ਦੇ ਆਗੂ ਚੁਣੇ ਗਏ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ

ਚੰਡੀਗੜ੍ਹ: ਭਗਵੰਤ ਸਿੰਘ ਮਾਨ ਨੂੰ ਅੱਜ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਮੁਹਾਲੀ ਵਿੱਚ ਹੋਈ ਮੀਟਿੰਗ ਵਿੱਚ ਪਾਰਟੀ ਦੇ ਸਾਰੇ 92 ਨਵੇਂ ਚੁਣੇ ਵਿਧਾਇਕ ਸ਼ਾਮਲ ਹੋਏ।

ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਰੜ ਕਲਾਂ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਉਹ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਸਨ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ 13 ਮਾਰਚ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਅਤੇ 16 ਮਾਰਚ ਨੂੰ ਸਹੁੰ ਚੁੱਕ ਸਮਾਗਮ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ।ਉਨ੍ਹਾਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਵੀ ਮੁਲਾਕਾਤ ਕੀਤੀ।

ਮਾਨ ਨੇ ਪਾਰਟੀ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਕੋਲ ਵਾਪਸ ਜਾਣ ਅਤੇ ਉਨ੍ਹਾਂ ਲਈ ਕੰਮ ਕਰਨ ਲਈ ਕਿਹਾ ਜਿਨ੍ਹਾਂ ਤੋਂ ਉਨ੍ਹਾਂ ਨੇ ਵੋਟਾਂ ਮੰਗੀਆਂ ਹਨ। ਉਨ੍ਹਾਂ ਲੋਕਾਂ ਦੇ ਦੁੱਖ-ਸੁੱਖ ਨੂੰ ਸਾਂਝਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਮੌਕੇ ’ਤੇ ਹੀ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਲਿਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਉਨ੍ਹਾਂ ਤੋਂ ਇਲਾਵਾ 17 ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਸਾਰੇ 92 ਵਿਧਾਇਕਾਂ ਕੋਲ ਕੈਬਨਿਟ ਮੰਤਰੀਆਂ ਦੇ ਅਧਿਕਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਨਾਗਰਿਕ ਨਾਲ ਬਰਾਬਰੀ ਦਾ ਸਲੂਕ ਕਰੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਕਿਸੇ ਵਿਰੁੱਧ ਝੂਠਾ ਪੁਲਿਸ ਕੇਸ ਨਹੀਂ ਬਣਾਇਆ ਜਾਵੇਗਾ।

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਹਤ, ਸਿੱਖਿਆ, ਬਿਜਲੀ ਅਤੇ ਉਦਯੋਗ ‘ਤੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ ਅਤੇ ਅਸੀਂ ਪਹਿਲੇ ਦਿਨ ਤੋਂ ਹੀ ਪ੍ਰਦਰਸ਼ਨ ਕਰਨਾ ਹੈ।

Leave a Reply

%d bloggers like this: