ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲਾਲ ਕਿਲ੍ਹੇ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੀ ਸਮਾਪਤੀ ਮੌਕੇ ਸ਼ਿਰਕਤ ਕੀਤੀ।
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾਂਜਲੀ ਭੇਟ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਗੁਰੂ ਨੇ ਵਿਸ਼ਵ ਇਤਿਹਾਸ ਦੇ ਧਰਮ ਅਤੇ ਮਾਨਵੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਬਲਿਦਾਨ ਦਿੱਤਾ। ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਤੀਰੂਪ ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ। ਸ੍ਰੀ ਬੈਂਸ ਨੇ ਯਾਦਗਾਰੀ ਸਿੱਕਾ ਅਤੇ ਇੱਕ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਜੋ ਇਸ ਪਵਿੱਤਰ ਮੌਕੇ ਦੀਆਂ ਯਾਦਾਂ ਨੂੰ ਪੀੜ੍ਹੀ ਦਰ ਪੀੜ੍ਹੀ ਸੰਭਾਲਣ ਵਿੱਚ ਮਦਦ ਕਰੇਗਾ।