ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ੀਆਂ ਖਿਲਾਫ ਕੋਈ ਢਿੱਲ ਨਹੀਂ ਵਿਖਾਵਾਂਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪਹਿਲੇ ਦਿਨ ਤੋਂ ਹੀ ਹਰ ਸੰਭਵ ਯਤਨ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਮਾਰਚ 2022 ਤੋਂ ਲੈ ਕੇ 7 ਅਗਸਤ 2022 ਤੱਕ ‘ਆਪ’ ਦੀ ਸਰਕਾਰ ਬਣਨ ਤੋਂ ਲੈ ਕੇ 7 ਅਗਸਤ 2022 ਤੱਕ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ 306 ਕੇਸ ਦਰਜ ਕੀਤੇ ਗਏ ਹਨ।

ਸ੍ਰੀ ਬੈਂਸ ਨੇ ਦੱਸਿਆ ਕਿ ਮਾਈਨਿੰਗ ਵਿਰੁੱਧ 52 ਕੇਸ ਸਿਰਫ਼ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੀ ਦਰਜ ਹੋਏ ਹਨ, ਜੋ ਕਿ ਹੁਣ ਤੱਕ ਦੀ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਬਾਰੇ ਸਾਡੀ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਅਤੇ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਆਪਣੀ ਪਾਰਟੀ ਦਾ ਆਗੂ ਜਾਂ ਵਰਕਰ ਹੋਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਮੇਰੇ ਪਰਿਵਾਰ ਜਾਂ ਰਿਸ਼ਤੇਦਾਰਾਂ ਵਿੱਚੋਂ ਕੋਈ ਵੀ ਇਸ ਗੈਰ-ਕਾਨੂੰਨੀ ਵਰਤਾਰੇ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਹ ਖੁਦ ਯਕੀਨੀ ਬਣਾਉਣਗੇ ਕਿ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਅਧੀਨ ਪੈਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਪੁਲਿਸ ਅਤੇ ਵਿਭਾਗੀ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਥਾਣਾ ਆਨੰਦਪੁਰ ਸਾਹਿਬ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪਹਿਲਾਂ ਹੀ ਸਖ਼ਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਜੇਕਰ ਨਾਜਾਇਜ਼ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਮਾਈਨਿੰਗ ਵਿਭਾਗ ਦੇ ਕੁਝ ਦਾਗੀ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਹੀਂ ਕਰ ਰਹੇ। ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਅਜਿਹੇ ਅਮਲਾਂ ਕਾਰਨ ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫ਼ਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਸ੍ਰੀ ਬੈਂਸ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਪੂਰੀ ਖੁਦਮੁਖਤਿਆਰੀ ਨਾਲ ਅਤੇ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਨੂੰਨ ਦੀ ਪਾਲਣਾ ਕਰਦੇ ਹੋਏ ਕੰਮ ਕਰਨ।

Leave a Reply

%d bloggers like this: