ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨਾਲ ਕੀਤੀ ਮੁਲਾਕਾਤ, ਕਿਸਾਨਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਆਰ.ਕੇ.ਸਿੰਘ ਨੂੰ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਨਿਰਵਿਘਨ ਅਤੇ ਨਿਯਮਤ ਸਪਲਾਈ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ, ਜਿਨ੍ਹਾਂ ਨੇ ਅੱਜ ਸ਼ਾਮ ਇੱਥੇ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ, ਨੇ ਮੰਤਰੀ ਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਵਿੱਚ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਅਤੇ ਲਚਕੀਲੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ।

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਝੋਨਾ ਉਗਾ ਕੇ ਰਾਸ਼ਟਰੀ ਖੁਰਾਕ ਕਿੱਟੀ ਵਿੱਚ ਯੋਗਦਾਨ ਪਾਉਣ ਲਈ ਵਾਧੂ ਬਿਜਲੀ ਦੀ ਲੋੜ ਹੁੰਦੀ ਹੈ।

ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਉਪਰਾਲੇ ਜਲਦੀ ਹੀ ਸਾਕਾਰ ਹੋਣਗੇ।

ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਪੰਜਾਬ ਭਵਨ ਦੇ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।

Leave a Reply

%d bloggers like this: