ਪੰਜਾਬ ਦੇ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਚੁੰਨੀ ਵਿਖੇ ਸਰਕਾਰੀ ਸਕੂਲ ਦਾ ਕੀਤਾ ਅਚਨਚੇਤ ਦੌਰਾ

ਚੁੰਨੀ ਕਲਾਂ: ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਣ ਲਈ ਅਚਨਚੇਤ ਨਿਰੀਖਣ ਕੀਤਾ।

ਮੁੱਖ ਮੰਤਰੀ ਨੇ ਕਿਹਾ, “ਮੇਰੀ ਫੇਰੀ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਸਗੋਂ ਅਸਲ ਮਕਸਦ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ।”

ਮੁੱਖ ਮੰਤਰੀ ਨੇ ਦੁਪਹਿਰ ਵੇਲੇ ਸਕੂਲ ਦਾ ਦੌਰਾ ਕੀਤਾ ਅਤੇ ਕਰੀਬ ਅੱਧਾ ਘੰਟਾ ਇਮਾਰਤ ਵਿੱਚ ਹੀ ਰਹੇ। ਸਕੂਲ ਵਿੱਚ ਸਹੂਲਤਾਂ ਦੀ ਜਾਂਚ ਕਰਨ ਦੇ ਨਾਲ-ਨਾਲ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਇਆ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਇੱਕ ਨਵੇਂ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਲਈ ਨੀਂਹ ਪੱਥਰ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਲਈ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਸਮਾਜ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੂਲ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਉੱਤਮਤਾ ਲਈ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੇ ਕਾਨਵੈਂਟ ਪੜ੍ਹੇ-ਲਿਖੇ ਸਾਥੀਆਂ ਦਾ ਮੁਕਾਬਲਾ ਕਰ ਸਕਣਗੇ।

ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਕੂਲ ਦੇ ਪਾਠਕ੍ਰਮ ਬਾਰੇ ਪੁੱਛਿਆ। ਉਨ੍ਹਾਂ ਨੇ ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਜੀਵਨ ਦੀਆਂ ਖਾਹਿਸ਼ਾਂ ਬਾਰੇ ਵੀ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਆਪਣੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਸਫਲਤਾ ਦੀ ਕੁੰਜੀ ਹਨ, ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਸੁਨਹਿਰੀ ਨਿਯਮਾਂ ਨੂੰ ਅਪਣਾਉਣ ਦੀ ਲੋੜ ਹੈ ਤਾਂ ਜੋ ਆਪਣੇ ਲਈ ਇੱਕ ਸਥਾਨ ਬਣਾਇਆ ਜਾ ਸਕੇ।

ਇਸ ਦੌਰਾਨ ਗੱਲਬਾਤ ਤੋਂ ਬਾਅਦ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿੱਚ ਅਤਿ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਬਣਾਉਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਨੇ ਸਕੂਲ ਦੇ ਸਿਸਟਮਾਂ ਵਿੱਚ ਮੌਜੂਦਾ ਕੰਪਿਊਟਰ ਸਾਫਟਵੇਅਰ ਨੂੰ ਅਪਗ੍ਰੇਡ ਕਰਨ ਲਈ ਕਿਹਾ ਤਾਂ ਜੋ ਵਿਦਿਆਰਥੀ ਅੱਪਡੇਟ ਕੀਤੇ ਸਿਸਟਮਾਂ ‘ਤੇ ਸਿੱਖ ਸਕਣ। ਭਗਵੰਤ ਮਾਨ ਨੇ ਸਕੂਲ ਦੇ ਵੱਖ-ਵੱਖ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਦੀ ਤੁਰੰਤ ਮੁਰੰਮਤ ਕਰਨ ਦੇ ਹੁਕਮ ਵੀ ਦਿੱਤੇ।

Leave a Reply

%d bloggers like this: