ਪੰਜਾਬ ਦੇ ਮੁੱਖ ਮੰਤਰੀ ਨੇ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਸਥਾਪਤ ਕਰਨ ਲਈ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਮਾਸਟਰ ਪਲਾਨ ਵਿੱਚ ਅਤਿ ਆਧੁਨਿਕ ਨਵੀਂ ਟਾਊਨਸ਼ਿਪ ਸਥਾਪਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਨਿਵਾਸ ਸਥਾਨ ‘ਤੇ ਸ਼ਹਿਰੀ ਵਿਕਾਸ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਟਰਾਈਸਿਟੀ ਵਿੱਚ ਲੋਕਾਂ ਨੂੰ ਸਸਤੀਆਂ ਰਿਹਾਇਸ਼ਾਂ ਮੁਹੱਈਆ ਕਰਵਾਉਣ ਲਈ ਇਸ ਟਾਊਨਸ਼ਿਪ ਨੂੰ ਵਿਕਸਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਸ਼ਹਿਰੀ ਵਿਕਾਸ ਵਿਭਾਗ ਅਤੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮਾਮਲੇ ‘ਤੇ ਕੋਈ ਠੋਸ ਪ੍ਰਸਤਾਵ ਤਿਆਰ ਕਰਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰਸਤਾਵਿਤ ਟਾਊਨਸ਼ਿਪ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਰਾਮ ਨਾਲ ਰਹਿ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਾਊਨਸ਼ਿਪ ਲੋਕਾਂ ਨੂੰ ਵਧੀਆ ਰਿਹਾਇਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਫਾਇਰ ਫਾਈਟਿੰਗ ਅਤੇ ਹੋਰਾਂ ਸਮੇਤ ਸਾਰੇ ਸੁਰੱਖਿਆ ਉਪਾਵਾਂ ਦੇ ਨਾਲ ਆਰਾਮ, ਸੁੰਦਰਤਾ ਅਤੇ ਲਗਜ਼ਰੀ ਦਾ ਸੰਪੂਰਨ ਸੁਮੇਲ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਇਸ ਟਾਊਨਸ਼ਿਪ ਨੂੰ ਅਤਿ-ਆਧੁਨਿਕ ਲੀਹਾਂ ‘ਤੇ ਵਿਕਸਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਤਾਂ ਜੋ ਇਹ ਉੱਚ ਸਿੱਖਿਆ ਦੇ ਨਾਲ-ਨਾਲ ਸੂਚਨਾ ਅਤੇ ਤਕਨਾਲੋਜੀ ਦੇ ਹੱਬ ਵਜੋਂ ਉੱਭਰ ਸਕੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਟਾਊਨਸ਼ਿਪ ਦੇ ਕੁਝ ਹਿੱਸੇ ਨੂੰ ਇੰਡਸਟਰੀਅਲ ਟਾਊਨਸ਼ਿਪ ਵਜੋਂ ਵੀ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਭਰ ਦੇ ਉਦਯੋਗਪਤੀਆਂ ਨੂੰ ਇੱਥੇ ਨਿਵੇਸ਼ ਲਈ ਸੱਦਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਮੁਹਾਲੀ ਵਿੱਚ ਸੜਕੀ, ਹਵਾਈ ਅਤੇ ਰੇਲ ਸੰਪਰਕ ਸਭ ਤੋਂ ਵਧੀਆ ਹੈ, ਇਸ ਲਈ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚ ਇਸ ਮਕਸਦ ਵਾਲੀ ਟਾਊਨਸ਼ਿਪ ਵਿੱਚ ਵਿਕਾਸ ਅਤੇ ਤਰੱਕੀ ਦੀਆਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਮੋਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਨੂੰ ਨਵੀਂ ਜ਼ਮੀਨ ‘ਤੇ ਤਬਦੀਲ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਵੀ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।

Leave a Reply

%d bloggers like this: