ਪੰਜਾਬ ਦੇ ਲੋਕ ਨਸ਼ਿਆਂ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਗੇ: ਭਗਵੰਤ ਮਾਨ

ਸੰਗਰੂਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ (ਐੱਮ. ਪੀ. ਸੰਗਰੂਰ) ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ‘ਚ ਬੈਠੇ ਕੁਝ ਸੁਆਰਥੀ ਲੀਡਰਾਂ ਨੇ ਪੂਰੇ ਪੰਜਾਬ ‘ਚ ਨਸ਼ੇ ਦਾ ਨਾਜਾਇਜ਼ ਕਾਰੋਬਾਰ ਚਲਾ ਕੇ ਪੰਜਾਬ ਦੇ ਲੱਖਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਦਿੱਤੀਆਂ ਹਨ।

ਪੈਸਾ ਕਮਾਉਣ ਲਈ ਇਹਨਾਂ ਸੁਆਰਥੀ ਲੀਡਰਾਂ ਨੇ ਹਜ਼ਾਰਾਂ ਨੌਜਵਾਨਾਂ ਨੂੰ ਮਾਰਿਆ ਅਤੇ ਲੱਖਾਂ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ। ਇਸ ਵਾਰ ਪੰਜਾਬ ਦੇ ਲੋਕ ਇਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਗੇ।

ਵੀਰਵਾਰ ਨੂੰ ਭਗਵੰਤ ਮਾਨ ਨੇ ਸੰਗਰੂਰ ਦੇ ਵੱਖ-ਵੱਖ ਹਲਕਿਆਂ ‘ਚ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇੱਥੇ ਉਨ੍ਹਾਂ ਨੇ ਦਿੜ੍ਹਬਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਵਿਧਾਇਕ ਹਰਪਾਲ ਸਿੰਘ ਚੀਮਾ, ਲਹਿਰਾ ਵਿੱਚ ਬਰਿੰਦਰ ਕੁਮਾਰ ਗੋਇਲ ਅਤੇ ਸੁਨਾਮ ਵਿੱਚ ਮੌਜੂਦਾ ਵਿਧਾਇਕ ਅਮਨ ਅਰੋੜਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ। .

ਕਾਂਗਰਸ ਸਰਕਾਰ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ‘ਚ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਚਾਰ ਹਫ਼ਤਿਆਂ ‘ਚ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਨੇ ਡਰੱਗ ਮਾਫ਼ੀਆ ਨੂੰ ਸਰਕਾਰੀ ਸ਼ਹਿ ਦੇ ਦਿੱਤੀ | ਸੱਤਾ ਵਿੱਚ ਬੈਠੇ ਸਿਆਸਤਦਾਨਾਂ ਅਤੇ ਡਰੱਗ ਮਾਫੀਆ ਦੀ ਗਠਜੋੜ ਕਾਰਨ ਅੱਜ ਪੰਜਾਬ ਵਿੱਚ ਹਰ ਪਾਸੇ ‘ਚਿੱਟਾ’ ਅਤੇ ਹੋਰ ਨਸ਼ੇ ਉਪਲਬਧ ਹਨ। ਨਜਾਇਜ਼ ਨਸ਼ੀਲੇ ਪਦਾਰਥਾਂ ਦੇ ਵਪਾਰੀ ਬੇਖੌਫ ਹੋ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਨੂੰ ਪੁਲਿਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੀ ਸੁਰੱਖਿਆ ਹੈ। ਇਸ ਗਠਜੋੜ ਨੇ ਸਾਡੇ ਨੌਜਵਾਨਾਂ ਦੀ ਪੜ੍ਹਾਈ ਅਤੇ ਕੈਰੀਅਰ ਨੂੰ ਨੁਕਸਾਨ ਪਹੁੰਚਾਇਆ ਅਤੇ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ।

ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਹੁਣ ਡਰੱਗ ਮਾਫੀਆ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਇਸ ਵਾਰ ਸਾਡੇ ਕੋਲ ਨਸ਼ੇ ਦੇ ਸੌਦਾਗਰਾਂ ਨੂੰ ਸਬਕ ਸਿਖਾਉਣ ਦਾ ਮੌਕਾ ਹੈ। ਇਹ ਸਮਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣ ਦਾ ਮੌਕਾ ਹੈ। ‘ਆਪ’ ਨੂੰ ਸਿਰਫ਼ ਇੱਕ ਮੌਕਾ ਦਿਓ। ਅਸੀਂ ਇਹਨਾਂ ਸੁਆਰਥੀ ਅਤੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਡਰੱਗ ਮਾਫੀਆ ਦੇ ਨਾਪਾਕ ਗਠਜੋੜ ਨੂੰ ਖਤਮ ਕਰਾਂਗੇ। ਭਗਵੰਤ ਮਾਨ ਨੇ ਪੰਜਾਬ ਵਿੱਚ ਮਾਫੀਆ ਮੁਕਤ ਸਰਕਾਰ ਬਣਾਉਣ ਲਈ ਲੋਕਾਂ ਨੂੰ ‘ਝਾੜੂ’ ਨੂੰ ਵੋਟ ਦੇਣ ਦੀ ਅਪੀਲ ਕੀਤੀ।

Leave a Reply

%d bloggers like this: