ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ

ਚੰਡੀਗੜ੍ਹ: ਸੂਬੇ ਭਰ ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਨਿਊ ਚੰਡੀਗੜ੍ਹ ਨੇੜੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਅਭੀਪੁਰ ਵਿਖੇ ਕਰੋੜਾਂ ਦੀ ਕੀਮਤ ਵਾਲੀ 29 ਏਕੜ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਗਈ।

ਅਧਿਕਾਰੀਆਂ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਬਿਕਰਮ ਸਿੰਘ ਨੇ 2007 ਤੋਂ ਇਸ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕੀਤਾ ਹੋਇਆ ਹੈ, ਇੱਥੋਂ ਤੱਕ ਕਿ ਐਸ.ਏ.ਐਸ.ਨਗਰ ਦੇ ਕੁਲੈਕਟਰ ਨੇ 2014 ਵਿੱਚ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ, ਪਰ ਪੰਚਾਇਤ ਵਿਭਾਗ ਕੁਝ ਮਾਮੂਲੀ ਕਾਨੂੰਨੀ ਅੜਚਨਾਂ ਕਾਰਨ ਕਬਜ਼ਾ ਨਹੀਂ ਲੈ ਸਕਿਆ।

ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਨੇ ਪਹਿਲੇ ਪੜਾਅ ਤਹਿਤ ਸੂਬੇ ਭਰ ਵਿੱਚ ਇੱਕ ਵਿਸ਼ੇਸ਼ ਮੁਹਿੰਮ ਤਹਿਤ 31 ਮਈ, 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਉਣ ਦਾ ਟੀਚਾ ਅਧਿਕਾਰੀਆਂ ਨੂੰ ਮਿੱਥਿਆ ਹੈ।

ਉਨ੍ਹਾਂ ਦੱਸਿਆ ਕਿ ਅੱਜ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੇ ਮੁਹਾਲੀ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਹਨ।

ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ‘ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਰਿਪੋਰਟ ਦੀ ਘੋਖ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾਉਣ ਲਈ ਵਚਨਬੱਧ ਹੈ ਅਤੇ ਇਹ ਕਬਜੇ ਬਿਨਾਂ ਕਿਸੇ ਭੇਦਭਾਵ ਤੋਂ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਸ ਮੌਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰੈਕਟਰ ਜੋਗਿੰਦਰ ਕੁਮਾਰ, ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਡੀਡੀਪੀਓ ਐਸਏਐਸ ਨਗਰ ਜਸਵਿੰਦਰ ਸਿੰਘ ਗਰੇਵਾਲ, ਬੀਡੀਪੀਓ ਮਾਜਰੀ ਬਲਾਕ ਜਸਪ੍ਰੀਤ ਕੌਰ ਅਤੇ ਸਰਪੰਚ ਪਿੰਡ ਅਭੀਪੁਰ ਜਸਪਾਲ ਕੌਰ ਵੀ ਹਾਜ਼ਰ ਸਨ।

Leave a Reply

%d bloggers like this: