ਭਾਰਤ ਦੇ VP ਜਗਦੀਪ ਧਨਖੜ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, SGPC ਨੇ ‘ਬੰਦੀ’ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ

ਅੰੰਮਿ੍ਤਸਰ: ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਆਪਣੇ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿੱਥੇ ਉਨ੍ਹਾਂ ਨੇ ਪ੍ਰਸ਼ਾਦ ਵਰਤਾਇਆ ਅਤੇ ਬਰਤਨ ਸਾਫ਼ ਕੀਤੇ। ਉਨ੍ਹਾਂ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ।

ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਉਨ੍ਹਾਂ ਵਿਸ਼ੇਸ਼ ਦਿਲਚਸਪੀ ਦਿਖਾਈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇੱਕ ਮੰਗ ਪੱਤਰ ਮੀਤ ਪ੍ਰਧਾਨ ਨੂੰ ਸੌਂਪਦਿਆਂ ਸਿੱਖ ਕੌਮ ਦੇ ਇਸ ਅਹਿਮ ਮਸਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਪਿਛਲੇ 30-30 ਸਾਲਾਂ ਤੋਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਜੋ ਕਿ ਸਿੱਖ ਕੌਮ ਨਾਲ ਬੇਇਨਸਾਫ਼ੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਕੈਦੀਆਂ ਨੇ 1984 ਵਿੱਚ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਚੁਣਿਆ ਸੀ।ਇਹ ਸਿੱਖ ਕੈਦੀ ਹੁਣ ਉਮਰ ਕੈਦ ਦੀ ਦੋਹਰੀ ਸਜ਼ਾ ਭੁਗਤ ਚੁੱਕੇ ਹਨ ਅਤੇ ਸੰਵਿਧਾਨਕ ਤੌਰ ’ਤੇ ਰਿਹਾਈ ਦੇ ਹੱਕਦਾਰ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਲੰਮੇ ਸਮੇਂ ਤੋਂ ਆਵਾਜ਼ ਉਠਾਉਂਦੀ ਆ ਰਹੀ ਹੈ। ਹਾਲ ਹੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਤੋਂ ਵੀ ਇਸ ਸਬੰਧ ਵਿੱਚ ਸਮਾਂ ਮੰਗਿਆ ਗਿਆ ਹੈ, ਪਰ ਉਨ੍ਹਾਂ ਨੇ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਮੀਤ ਪ੍ਰਧਾਨ ਹੋਣ ਦੇ ਨਾਤੇ ਸਰਕਾਰ ਨੂੰ ਸਿੱਖ ਕੌਮ ਦੇ ਇਸ ਗੰਭੀਰ ਮਸਲੇ ਵਿੱਚ ਦਖਲ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਜਾਵੇ। ਐਡਵੋਕੇਟ ਧਾਮੀ ਨੇ ਵੀ ਆਪਣੇ ਪੱਤਰ ਵਿੱਚ ਸ੍ਰੀ ਧਨਖੜ ਨੂੰ ਦੇਸ਼ ਦਾ 14ਵਾਂ ਉਪ ਰਾਸ਼ਟਰਪਤੀ ਬਣਨ ’ਤੇ ਵਧਾਈ ਦਿੱਤੀ ਹੈ।

ਇਸ ਮੌਕੇ ਬੋਲਦਿਆਂ ਮੀਤ ਪ੍ਰਧਾਨ ਨੇ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਬਹੁਤ ਖੁਸ਼ੀ ਹੋਈ। ਇੱਥੇ ਦੀ ਸ਼ਾਂਤੀ, ਸਹਿਜ, ਭਗਤੀ ਵਾਲਾ ਮਾਹੌਲ ਅਤੇ ਸੇਵਾ ਦੀ ਭਾਵਨਾ ਇੱਕ ਅਭੁੱਲ ਅਨੁਭਵ ਹੈ।

ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਦੀ ਮਹਾਨ ਅਧਿਆਤਮਿਕ ਪਰੰਪਰਾ ਦਾ ਚਮਕਦਾ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਯੁੱਗਾਂ ਤੋਂ ਪਿਆਰ, ਮਾਨਵਤਾ, ਦਇਆ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਮੈਂ ਗੁਰੂਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਮਨੁੱਖਤਾ ਦੀ ਸੇਵਾ ਦੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਪ੍ਰਣਾਮ ਕਰਦਾ ਹਾਂ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸ. ਸਰਵਣ ਸਿੰਘ ਕੁਲਾਰ, ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸ਼੍ਰੋਮਣੀ ਕਮੇਟੀ ਸਕੱਤਰ ਸ.ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ: ਸੁਲੱਖਣ ਸਿੰਘ ਭੰਗਾਲੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਹਰਿੰਦਰ ਸਿੰਘ ਰੋਮੀ, ਸ. ਅੰਮ੍ਰਿਤਪਾਲ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਸਾਬਕਾ ਸੰਸਦ ਮੈਂਬਰ ਸ੍ਰੀ ਸ਼ਵੇਤ ਮਲਿਕ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ੍ਰੀ ਅਰੁਣ ਪਾਲ ਸਿੰਘ, ਡੀ.ਸੀ.ਪੀ ਸ: ਪਰਮਿੰਦਰ ਸਿੰਘ ਭੰਡਾਲ ਆਦਿ ਹਾਜ਼ਰ ਸਨ।

Leave a Reply

%d bloggers like this: