ਸ਼ਹਿਰੀ ਖੇਤਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸਮਾਂਬੱਧ ਸੇਵਾਵਾਂ ਮਿਲਣਗੀਆਂ: ਅਮਨ ਅਰੋੜਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਕਾਰਕਾਂ ‘ਤੇ ਜ਼ੋਰ ਦਿੰਦੇ ਹੋਏ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਸੇਵਾਵਾਂ ਭ੍ਰਿਸ਼ਟਾਚਾਰ ਰਹਿਤ ਅਤੇ ਸਮਾਂਬੱਧ ਤਰੀਕੇ ਨਾਲ ਲੋਕਾਂ ਨੂੰ ਮਿਲਣਗੀਆਂ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੁੱਡਾ ਭਵਨ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਚੱਲ ਰਹੇ ਪ੍ਰੋਜੈਕਟਾਂ ਦੇ ਨਾਲ-ਨਾਲ ਪਾਈਪਲਾਈਨ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਭਵਿੱਖਮੁਖੀ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਾਫ-ਸੁਥਰਾ, ਭ੍ਰਿਸ਼ਟ ਅਮਲਾਂ ਤੋਂ ਰਹਿਤ ਅਤੇ ਜਵਾਬਦੇਹ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਪਛਾਣ ਹੋਵੇਗੀ। ਅਧਿਕਾਰੀਆਂ ਨੂੰ ਲੋਕ ਪੱਖੀ ਨੀਤੀ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮੌਜੂਦਾ ਪ੍ਰੋਜੈਕਟਾਂ ਅਤੇ ਸਕੀਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਾਪਤ ਹੋਣ।

ਸ਼ਹਿਰੀ ਖੇਤਰ ਦੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਹੁਣ ਬੀਤੇ ਦੀ ਗੱਲ ਹੋਣ ਦਾ ਭਰੋਸਾ ਦਿੰਦਿਆਂ ਮੰਤਰੀ ਨੇ ਸੁਚੇਤ ਕੀਤਾ ਕਿ ਭ੍ਰਿਸ਼ਟ ਤਰੀਕਿਆਂ ਨਾਲ ਕੰਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਕਿਹਾ, “ਵਿਭਾਗ ਦੀਆਂ ਸ਼ਕਤੀਆਂ ਅਤੇ ਕਮਜ਼ੋਰ ਖੇਤਰਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਕਾਰਜ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ”।

ਮੰਤਰੀ ਨੇ ਅੱਗੇ ਕਿਹਾ ਕਿ ਉਹ ਜਲਦੀ ਹੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਵਸਦੇ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਨਾਲ ਅਜਿਹੀਆਂ ਨੀਤੀਆਂ ਬਣਾਉਣ ਦਾ ਰਾਹ ਪੱਧਰਾ ਹੋਵੇਗਾ ਜੋ ਇਨ੍ਹਾਂ ਮੀਟਿੰਗਾਂ ਵਿੱਚ ਪ੍ਰਾਪਤ ਸੁਝਾਵਾਂ ਨੂੰ ਲਾਗੂ ਕਰਨ ਵੱਲ ਲੈ ਜਾਵੇਗਾ।

ਇਸ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਏ.ਕੇ. ਸਿਨਹਾ ਨੇ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਭਾਗ ਦੇ ਸੁਚਾਰੂ ਅਤੇ ਪ੍ਰਭਾਵੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪ੍ਰਸ਼ਾਸਕ ਪੁੱਡਾ ਅਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਅਰਸ਼ਦੀਪ ਸਿੰਘ ਥਿੰਦ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।

Leave a Reply

%d bloggers like this: