SGPC ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ

ਅੰੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੇ ਦੋਹਰੇ ਮਾਪਦੰਡਾਂ ਦੀ ਨਿਸ਼ਾਨੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਕੈਦੀਆਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਰਿਹਾਅ ਨਹੀਂ ਕਰ ਰਹੀਆਂ, ਜਦਕਿ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੀ ਬਦਨੀਤੀ ਕਾਰਨ ਇਹ ਪੂਰਾ ਨਹੀਂ ਹੋਇਆ। ਸਿੱਖ ਜਥੇਬੰਦੀਆਂ ਵੱਲੋਂ ਵਾਰ-ਵਾਰ ਉਠਾਏ ਜਾ ਰਹੇ ਮੁੱਦੇ ਦਾ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ।

ਉਂਜ ਵੀ ਡੇਰਾ ਮੁਖੀ ਜੋ ਕਿ 2015 ਵਿੱਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨਾਲ ਵੀ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਇਹ ਵਿਅਕਤੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਅਤੇ ਸਰਕਾਰਾਂ ਹਮੇਸ਼ਾ ਹੀ ਮਿਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਮਿਲ ਕੇ ਸਿਆਸੀ ਖੇਡ ਖੇਡ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਪਹਿਲਾਂ ਵੀ ਚੋਣਾਂ ਦੌਰਾਨ ਫਰਲੋ ਦਿੱਤੀ ਸੀ ਅਤੇ ਹੁਣ ਮੁੜ ਸੰਗਰੂਰ ਚੋਣਾਂ ਦੌਰਾਨ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਕਿ ਸਰਾਸਰ ਗਲਤ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵੱਲੋਂ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Leave a Reply

%d bloggers like this: